ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਡਾਇਰੈਕਟਰ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ-ਅਟਾਰੀ, ਜ਼ੋਨ-1 ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਾਲੀ ਪ੍ਰਬੰਧਨ ਪ੍ਰੋਜੈਕਟ 2024-25 ਅਧੀਨ ਬਲਾਕ ਭੁੰਨਰਹੇੜੀ ਦੇ ਪਿੰਡ ਸਵਾਈਸਿੰਘਵਾਲਾ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਜਿਸ ਵਿੱਚ 60 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਵੱਖ ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਮਲਚਰ, ਬੇਲਰ, ਸੀਡ ਡਰਿਲ ਆਦਿ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਵੱਖ-ਵੱਖ ਤਰੀਕਿਆਂ ਨਾਲ ਪਰਾਲੀ ਦੀ ਸੰਭਾਲ ਕਰਕੇ ਬੀਜੀ ਕਣਕ ਵਿੱਚ ਖਾਦ ਪ੍ਰਬੰਧਨ ਅਤੇ ਕਣਕ ਦੇ ਬੀਜ ਨੂੰ ਲਗਾਏ ਜਾਣ ਵਾਲੇ ਜੀਵਾਣੂੰ ਖਾਦ ਦੇ ਟੀਕੇ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾ ਕਣਕ ਵਿਚ ਨਦੀਨ ਪ੍ਰਬੰਧਨ ਵੇਲੇ ਪਾਣੀ ਦੀ ਮਾਤਰਾ ਅਤੇ ਨੋਜ਼ਲ ਦੀ ਸਹੀ ਚੋਣ ਦੇ ਮਹੱਤਵ ਬਾਰੇ ਦੱਸਿਆ।
ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਘਰੇਲੂ ਪੱਧਰ ਦੇ ਬਣੇ ਉਤਪਾਦਾਂ ਦੀ ਵਰਤੋਂ ਦੇ ਮਹੱਤਵ ਬਾਰੇ ਦੱਸਦਿਆਂ ਕਣਕ ਦੇ ਨਾਲ-ਨਾਲ ਤੇਲ ਬੀਜ ਫਸਲਾਂ, ਦਾਲਾਂ ਅਤੇ ਫਲਾਂ ਦੀ ਕਾਸ਼ਤ ਨੂੰ ਅਪਣਾਉਣ ਉੱਪਰ ਜ਼ੋਰ ਦਿੱਤਾ। ਉਹਨਾਂ ਤੇਲ ਬੀਜ ਫਸਲਾਂ, ਦਾਲਾਂ, ਹਲਦੀ, ਗੰਨੇ ਅਤੇ ਫਲਾਂ ਦੀ ਪ੍ਰੋਸੈਸਿੰਗ ਅਤੇ ਪੈਕਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਭੋਜਨ ਪਦਾਰਥਾਂ ਵਿਚ ਹਾਨੀਕਾਰਕ ਰਸਾਇਣਾਂ ਦੀ ਰਹਿੰਦ-ਖੁਹੰਦ ਦੇ ਮਨੁੱਖੀ ਸਿਹਤ ਉੱਪਰ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੇ ਰਸਾਇਣਾਂ ਦੀ ਸਹੀ ਮਿੱਕਦਾਰ ਸਹੀ ਸਮੇਂ ਤੇ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ।
ਇੱਕ ਦਹਾਕੇ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਅਗਾਂਹਵਧੂ ਕਿਸਾਨ ਸ. ਜਗੀਰ ਸਿੰਘ ਨੇ ਪਰਾਲੀ ਪ੍ਰਬੰਧਨ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ।
ਇਸ ਮੌਕੇ ਸ. ਅਜੀਤ ਸਿੰਘ, ਸਾਬਕਾ ਚੇਅਰਮੈਨ, ਮਾਰਕਿਟ ਕਮੇਟੀ, ਮਲਕੀਤ ਸਿੰਘ, ਭਜਨ ਸਿੰਘ, ਸੁਖਦੇਵ ਸਿੰਘ, ਕਰਮਜੀਤ ਸਿੰਘ ਅਤੇ ਜਤਿੰਦਰ ਸਿੰਘ ਵੀ ਹਾਜ਼ਿਰ ਰਹੇ।
ਅੰਤ ਵਿਚ ਡਾ. ਰਜਨੀ ਗੋਇਲ ਨੇ ਕੈਂਪ ਵਿੱਚ ਆਏ ਹੋਏ ਸਾਰੇ ਕਿਸਾਨਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। |